Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਅਕਾਲੀ ਦਲ ਦੇ ਬਚਾਅ ਲਈ ਅੱਗੇ ਆਏ ਟਕਸਾਲੀ ਆਗੂ; ਸੀਨੀਅਰ ਆਗੂਆਂ ਨੇ ਸੁਖਬੀਰ ਦੀ ਲਾਈਨ ਨੂੰ ਕੱਟਿਆ

Posted on August 31st, 2018ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਸਿਆਸੀ ਸੰਕਟ ਦੇ ਚਲਦਿਆਂ ਟਕਸਾਲੀ ਨੇਤਾਵਾਂ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਦੇ ਚਾਰ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ ਅਤੇ ਸੇਵਾ ਸਿੰਘ ਸੇਖਵਾਂ ਬਾਦਲ ਪਰਿਵਾਰ ਦੇ ਬਚਾਅ ਲਈ ਸਾਹਮਣੇ ਆਏ ਹਨ।

ਵੀਰਵਾਰ ਨੂੰ ਕੋਰ ਕਮੇਟੀ ਅਤੇ ਹਲਕਾ ਜਥੇਦਾਰਾਂ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਸੀਨੀਅਰ ਅਕਾਲੀ ਨੇਤਾ ਮੀਡੀਆ ਨਾਲ ਰੂਬਰੂ ਹੋਏ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕਿਰਦਾਰਕੁਸ਼ੀ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਉਹ ਬਾਦਲ ਵੱਲੋਂ ਸਿੱਖ ਪੰਥ ਅਤੇ ਪੰਜਾਬ ਲਈ ਪਾਏ ਯੋਗਦਾਨ ਨੂੰ ਛੁਟਿਆਉਣ ਲਈ ਰਚੀ ਸਾਜ਼ਿਸ਼ ਵਿਰੁੱਧ ਇੱਕਜੁੱਟਤਾ ਨਾਲ ਲੜਾਈ ਲੜਨਗੇ। ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਗੁਰਦੁਆਰਿਆਂ 'ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਰਚ ਰਹੀ ਹੈ, ਜਿਸ ਕਰਕੇ ਅਕਾਲੀ ਦਲ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। 

ਢੀਂਡਸਾ ਅਤੇ ਭੂੰਦੜ ਨੇ ਕਿਹਾ, 'ਅਸੀਂ ਇਹ ਗੱਲ ਸਾਹਮਣੇ ਰੱਖਣਾ ਚਾਹੁੰਦੇ ਹਾਂ ਕਿ ਕੋਟਕਪੂਰਾ ਧਰਨਾ ਸ਼ਾਂਤਮਈ ਢੰਗ ਨਾਲ ਚੁੱਕਿਆ ਗਿਆ ਸੀ, ਪਰ ਬਾਅਦ 'ਚ ਬਹਿਬਲ ਕਲਾਂ ਪਿੰਡ ਵਿੱਚ ਬਹੁਤ ਹੀ ਮੰਦਭਾਗੀ ਘਟਨਾ ਵਾਪਰ ਗਈ, ਜਿਸ ਵਿੱਚ ਦੋ ਨੌਜਵਾਨਾਂ ਦੀਆਂ ਜ਼ਿੰਦਗੀਆਂ ਚਲੀਆਂ ਗਈਆਂ।' 

ਮੌਜੂਦਾ ਦੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਅੰਦਰੋ ਵਿਰੋਧੀ ਸੁਰਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਪਾਰਟੀ ਦੇ ਸੀਨੀਅਰ ਆਗੂਆਂ ਨੇ ਬੀਤੀ ਰਾਤ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਬਾਦਲ ਵੱਲੋਂ ਵਿਧਾਨ ਸਭਾ ਵਿੱਚੋਂ ਵਾਕਆਊਟ ਕਰਨ ਅਤੇ ਬੇਅਦਬੀ ਦੇ ਮੁੱਦੇ ਉੱਤੇ ਬਹਿਸ ਵਿੱਚ ਹਿੱਸਾ ਨਾ ਲੈਣ ਦੇ ਫੈਸਲੇ 'ਤੇ ਸਵਾਲ ਉਠਾਏ ਹਨ। ਇਹ ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਜਿਨ੍ਹਾਂ ਵਿੱਚ ਜਥੇਦਾਰ ਤੋਤਾ ਸਿੰਘ ਵੀ ਸ਼ਾਮਲ ਹਨ, ਨੇ ਕਿਹਾ ਹੈ ਕਿ ਪਾਰਟੀ ਸਪਸ਼ਟ ਤੌਰ ਉੱਤੇ ਲੜਾਈ ਹਾਰ ਰਹੀ ਹੈ ਤੇ ਗਲਤੀ ਨੂੰ ਸੋਧਣ ਵੱਲ ਵੀ ਨਹੀਂ ਤੁਰ ਰਹੀ ਪਰ ਸੁਖਬੀਰ ਬਾਦਲ ਨੇ ਇਸ ਤਰ੍ਹਾਂ ਦੇ ਵਿਚਾਰਾਂ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ। 

ਪ੍ਰੇਮ ਸਿੰਘ ਚੰਦੂਮਾਜਰਾ ਤੇ ਸੇਵਾ ਸਿੰਘ ਸੇਖਵਾਂ ਨੇ ਵੀ ਤੋਤਾ ਸਿੰਘ ਨਾਲ ਮਿਲਦੇ ਜੁਲਦੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਭਾਵੇਂ ਪਾਰਟੀ ਨੂੰ 14 ਮਿੰਟ ਹੀ ਮਿਲੇ ਸਨ, ਪਰ ਇਸ ਨੂੰ ਮੁੱਦਾ ਬਣਾ ਕੇ ਵਾਕਆਊਟ ਨਹੀ ਕਰਨਾ ਚਾਹੀਦਾ ਸੀ। 'ਮੈਂ ਮਹਿਸੂਸ ਕਰਦਾ ਹਾਂ ਕਿ ਉਨ੍ਹਾਂ ਨੂੰ ਵਿਧਾਨ ਸਭਾ ਅੰਦਰ ਰਹਿ ਕੇ ਪਾਰਟੀ ਉੱਤੇ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉੱਤੇ ਕੀਤੇ ਹਮਲਿਆਂ ਦਾ ਟਾਕਰਾ ਕਰਨਾ ਚਾਹੀਦਾ ਸੀ।' ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਨੂੰ ਅੰਦਰ ਜਾਣ ਦਾ ਸੁਨੇਹਾ ਵੀ ਭੇਜਿਆ ਪਰ ਕਿਸੇ ਨੇ ਪ੍ਰਵਾਹ ਨਹੀਂ ਕੀਤੀ।

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES