Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ

ਆਪ’ ਵਲੋਂ ਪੰਜਾਬ ਦੀ ਗੱਲ ਕਰਨ ਦੀ ਥਾਂ ਦਿੱਲੀ ਦੀ ਗੱਲ ਕਰਨ ਨੂੰ ਹੀ ਪਹਿਲ ਦਿੱਤੀ ਜਾ ਰਹੀ ਹੈ- ਸੁਖਪਾਲ ਸਿੰਘ ਖਹਿਰਾ

Posted on February 1st, 2019


ਤਰਨ ਤਾਰਨ- ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਸੂਬੇ ਦੇ ਸਾਰੇ ਕਾਰੋਬਾਰਾਂ ਉੱਤੇ ਕਾਂਗਰਸੀ ਤੇ ਅਕਾਲੀਆਂ ਵਲੋਂ ਕੀਤੇ ਕਬਜ਼ੇ ਨੂੰ ਤੋੜ ਕੇ ਇਨ੍ਹਾਂ ਕਾਰੋਬਾਰਾਂ ਦੇ ਦਰਵਾਜ਼ੇ ਆਮ ਲੋਕਾਂ ਲਈ ਖੋਲ੍ਹਣ ਦਾ ਯਕੀਨ ਦਿੱਤਾ| ਉਨ੍ਹਾਂ ਸੂਬੇ ਦੇ ਲੋਕਾਂ ਦੇ ਮਸਲਿਆਂ ਪ੍ਰਤੀ ਕਾਂਗਰਸ, ਅਕਾਲੀ ਦਲ ਅਤੇ ‘ਆਪ’ ਵੱਲੋਂ ਕੋਈ ਗੰਭੀਰ ਉਪਰਾਲਾ ਨਾ ਕਰਨ ਦਾ ਦੋਸ਼ ਲਗਾਉਂਦਿਆਂ ਇਕ ਵਾਰ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਣ ਦੀ ਅਪੀਲ ਕੀਤੀ| ਉਨ੍ਹਾਂ ਇਹ ਵਿਚਾਰ ਜ਼ਿਲ੍ਹੇ ਦੇ ਪੱਟੀ ਸ਼ਹਿਰ ਵਿਚ ਪਾਰਟੀ ਵੱਲੋਂ ਕੀਤੀ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਸ਼ ਕੀਤੇ| 

ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਵਲਟੋਹਾ ਦੀ ਅਗਵਾਈ ਵਿਚ ਕੀਤੀ ਕਨਫਰੰਸ ’ਚ ਜ਼ਿਲ੍ਹੇ ਭਰ ਤੋਂ ਪਾਰਟੀ ਦੇ ਵਾਲੰਟੀਅਰਾਂ ਨੇ ਸ਼ਮੂਲੀਅਤ ਕੀਤੀ| ਖਹਿਰਾ ਨੇ ਸੂਬਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਜਿਥੇ ਕਿਸਾਨ ਦਾ ਕਰਜ਼ਾ ਮੁਆਫ਼ ਕਰਨ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਨਸ਼ਿਆਂ ਦਾ ਖ਼ਾਤਮਾ ਕਰਨ ਜਿਹੇ ਵਾਅਦੇ ਪੂਰੇ ਕਰਨ ਵਿਚ ਅਸਫ਼ਲ ਰਹੀ ਹੈ, ਉੱਥੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਸੂਬੇ ਦੇ ਲੋਕਾਂ ਦੀ ਮੁੱਖ ਮੰਗ ਅਨੁਸਾਰ ਕਸੂਰਵਾਰਾਂ ਨੂੰ ਜੇਲ੍ਹਾਂ ਅੰਦਰ ਡੱਕਣ ਲਈ ਵੀ ਕੁਝ ਨਹੀਂ ਕਰ ਸਕੀ| 

ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਸੂਬੇ ਦੇ ਲੋਕਾਂ ਨੇ ਨਾਕਾਰ ਦਿੱਤਾ ਹੈ। ਦਲ ਅੰਦਰ ਵੱਡੇ ਪੱਧਰ ਹੋਈ ਟੁੱਟ ਭੱਜ ਨੇ ਵੀ ਪਾਰਟੀ ਆਗੂਆਂ ਦੇ ਹੌਸਲੇ ਪਸਤ ਕਰਕੇ ਰੱਖ ਦਿੱਤੇ ਹਨ| ਉਨ੍ਹਾਂ ਕਿਹਾ ਕਿ ‘ਆਪ’ ਵਲੋਂ ਪੰਜਾਬ ਦੀ ਗੱਲ ਕਰਨ ਦੀ ਥਾਂ ਦਿੱਲੀ ਦੀ ਗੱਲ ਕਰਨ ਨੂੰ ਹੀ ਪਹਿਲ ਦਿੱਤੀ ਜਾ ਰਹੀ ਹੈ| ਇਸ ਮੌਕੇ ਹੋਰਨਾਂ ਦੇ ਇਲਾਵਾ ‘ਆਪ’ ਤੋਂ ਤਿਆਗ ਪੱਤਰ ਦੇਣ ਵਾਲੇ ਵਿਧਾਇਕ ਮਾਸਟਰ ਬਲਦੇਵ ਸਿੰਘ, ਸੁਖਬੀਰ ਸਿੰਘ ਵਲਟੋਹਾ, ਸਰਤਾਜ ਸਿੰਘ ਹਰੀਕੇ, ਨਵਜੋਤ ਕੌਰ ਲੰਬੀ ਨੇ ਵੀ ਵਿਚਾਰ ਪੇਸ਼ ਕੀਤੇ|

ਖਹਿਰਾ ਨੇ ਕਿਹਾ ਕਿ ਪਿਛਲੇ 10 ਸਾਲ ਤੱਕ ਪੰਜਾਬ ਵਿੱਚ ਰਾਜ ਕਰਨ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ, ਹੁਣ ਇਹੀ ਕੰਮ ਕੈਪਟਨ ਸਰਕਾਰ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਉਸ ਦੇ ਪਰਿਵਾਰ ਦੀਆਂ ਰੋਜ਼ਾਨਾ 700 ਬੱਸਾਂ ਵੱਖ-ਵੱਖ ਰੂਟਾਂ ’ਤੇ ਚੱਲ ਰਹੀਆਂ ਹਨ। ਸ਼ਰਾਬ, ਰੇਤਾ, ਬਜਰੀ ਤੇ ਕੇਬਲ ਮਾਫੀਆ ਦੇ ਵੀ ਬਾਦਲ ਪਰਿਵਾਰ ਕਬਜ਼ਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਵੀ ਪੰਜਾਬ ਦੇ ਹਾਲਾਤ ਨਹੀਂ ਬਦਲੇ। ਖਹਿਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗ ਚੁੱਕੇ ਹਨ ਅਤੇ ਚੰਗਾ ਸਮਾਜ ਸਿਰਜਣ ਤੇ ਪੰਜਾਬ ਨੂੰ ਮੁੜ ਖੁਸ਼ਹਾਲ ਦੇਖਣਾ ਚਾਹੁੰਦੇ ਹਨ। ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ।

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES