Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਭਾਰਤ ਵਿੱਚ ਸਿੱਖਾਂ ਦੇ ਮਹਿਫੂਜ਼ ਨਾ ਹੋਣ ਬਾਰੇ ਜਥੇਦਾਰ ਦੀ ਟਿੱਪਣੀ ਚਿੰਤਾਜਨਕ- ਕੈਪਟਨ

Posted on January 8th, 2020


ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਰਤ ਵਿੱਚ ਸਿੱਖਾਂ ਦੇ ਮਹਿਫੂਜ਼ ਨਾ ਹੋਣ ਬਾਰੇ ਕੀਤੀ ਟਿੱਪਣੀ ਉਪਰ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਨੇ ਇੱਕ ਬਿਆਨ ਰਾਹੀਂ ਜਥੇਦਾਰ ਅਕਾਲ ਤਖ਼ਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨਾਲ ਸਿਆਸੀ ਯਾਰਾਨੇ ਨੂੰ ਤੋੜਨ ਲਈ ਵੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਅਕਾਲੀ ਉਸੇ ਸਰਕਾਰ ਵਿੱਚ ਭਾਈਵਾਲ ਹੋ ਕੇ ਸੱਤਾ ਦਾ ਨਿੱਘ ਮਾਣ ਰਹੇ ਹਨ ਜਿਸ ਸਰਕਾਰ ਨੇ ਮੁਲਕ ਵਿੱਚ ਘੱਟ-ਗਿਣਤੀਆਂ ਦੇ ਮਨਾਂ ਅੰਦਰ ਅਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਸਿੱਖਾਂ ਦੇ ਅਸੁਰੱਖਿਅਤ ਮਹਿਸੂਸ ਕਰਨ ਦੇ ਕਥਨ ਨਾਲ ਮੈਂ ਨਿੱਜੀ ਤੌਰ 'ਤੇ ਸਹਿਮਤ ਨਹੀਂ ਪਰ ਫਿਰ ਵੀ ਜੇਕਰ ਜਥੇਦਾਰ ਅਕਾਲ ਤਖ਼ਤ ਸਿੱਖਾਂ ਦੇ ਮਨਾਂ ਦੀ ਗੱਲ ਨੂੰ ਮਹਿਸੂਸ ਕਰਦੇ ਹਨ ਤਾਂ ਇਹ ਮਾਮਲਾ ਸ਼੍ਰੋਮਣੀ ਅਕਾਲੀ ਦਲ ਕੋਲ ਉਠਾਇਆ ਜਾਣਾ ਚਾਹੀਦਾ ਹੈ। ਜਥੇਦਾਰ ਦੇ ਕਥਨ ਮੁਤਾਬਕ ਜੇਕਰ ਸਿੱਖਾਂ ਦੇ ਮਨਾਂ ਵਿੱਚ ਇਹ ਭਾਵਨਾ ਪਾਈ ਜਾ ਰਹੀ ਹੈ ਕਿ ਉਹ ਇੱਥੇ ਸੁਰੱਖਿਅਤ ਨਹੀਂ ਹਨ ਤਾਂ ਇਹ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮੁਲਕ ਵਿੱਚ ਸਿੱਖ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਜਿਵੇਂ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ, ਤਾਂ ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ, ਜਿਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾ ਸਕਦਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਪਣੇ ਆਪ ਨੂੰ ਸਿੱਖ ਧਰਮ ਅਤੇ ਭਾਈਚਾਰੇ ਦੇ ਹਿੱਤਾਂ ਦੇ ਰਖਵਾਲੇ ਹੋਣ ਦੇ ਦਾਅਵੇ ਕਰਦੇ ਹਨ ਤਾਂ ਇਨ੍ਹਾਂ ਨੂੰ ਇਸ ਮਸਲੇ 'ਤੇ ਸਟੈਂਡ ਲੈਣਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਤੁਰੰਤ ਕੇਂਦਰੀ ਮੰਤਰੀ ਵਜੋਂ ਅਸਤੀਫਾ ਦੇਣ ਲਈ ਕਹਿਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇੱਧਰ-ਉੱਧਰ ਵਾਪਰਦੀਆਂ ਕੁਝ ਘਟਨਾਵਾਂ ਤੋਂ ਭਾਵੇਂ ਇਹ ਭਾਵ ਨਹੀਂ ਲਿਆ ਜਾ ਸਕਦਾ ਕਿ ਭਾਰਤ ਵਿੱਚ ਸਿੱਖ ਸੁਰੱਖਿਅਤ ਨਹੀਂ ਹਨ ਪਰ ਧਾਰਨਾ ਦਾ ਮਹੱਤਵ ਵੀ ਹਕੀਕਤ ਜਿੰਨਾ ਹੀ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਕਿਹਾ ਕਿ 1980ਵੇਂ ਵਿੱਚ ਸਿੱਖ ਬਹੁਤ ਕਾਲੇ ਦੌਰ ਵਿੱਚੋਂ ਗੁਜ਼ਰੇ ਹਨ ਅਤੇ ਇਸ ਤਰ੍ਹਾਂ ਦਾ ਕੋਈ ਵੀ ਅਹਿਸਾਸ ਉਨ੍ਹਾਂ ਵਿੱਚ ਮੁੜ ਡਰ ਦੀ ਭਾਵਨਾ ਪੈਦਾ ਕਰੇਗਾ ਜੋ ਭਾਈਚਾਰੇ ਦੇ ਹਿੱਤਾਂ ਦੇ ਨਾਲ-ਨਾਲ ਮੁਲਕ ਲਈ ਘਾਤਕ ਸਿੱਧ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਬਹੁ-ਗਿਣਤੀ ਵਾਲੇ ਸੂਬੇ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਹਮੇਸ਼ਾ ਇਸ ਗੱਲ ਨੂੰ ਯਕੀਨੀ ਬਣਾਇਆ ਕਿ ਨਾ ਸਿਰਫ ਪੰਜਾਬ ਵਿੱਚ ਸਗੋਂ ਦੂਜੇ ਸੂਬਿਆਂ ਵਿੱਚ ਵੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇ।

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES