Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਨਸ਼ਾ ਤਸਕਰੀ 'ਚ ਸ਼ਾਮਲ ਲੋਕਾਂ ਦੇ ਨਾਮਾਂ ਦਾ ਖੁਲਾਸਾ ਅਦਾਲਤ 'ਚ ਕਰਾਂਗਾ: ਸ਼ਸ਼ੀਕਾਂਤ

Posted on January 10th, 2014

ਨਜ਼ਰਬੰਦ ਕੀਤੇ ਜਾਣ ਤੋਂ ਬਾਅਦ ਫੋਨ 'ਤੇ ਕੀਤੀ ਪ੍ਰੈੱਸ ਕਾਨਫਰੰਸ 

ਪਟਿਆਲਾ- ਸਾਬਕਾ ਡੀ. ਜੀ. ਪੀ. (ਜੇਲ੍ਹ) ਸ਼੍ਰੀ ਸ਼ਸ਼ੀਕਾਂਤ ਨੇ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਨਜ਼ਰਬੰਦ ਕੀਤੇ ਜਾਣ ਤੋਂ ਬਾਅਦ ਫੋਨ 'ਤੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਸਾਫ ਕਰ ਦਿੱਤਾ ਹੈ ਕਿ ਉਹ ਹਰ ਹਾਲ ਵਿਚ ਨਸ਼ਾ ਤਸਕਰੀ ਵਿਚ ਸ਼ਾਮਲ ਸਿਆਸੀ ਆਗੂਆਂ ਅਤੇ ਪੁਲਸ ਅਧਿਕਾਰੀਆਂ ਦੇ ਨਾਮ ਜਨਤਕ ਕਰਨਗੇ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਵਾਰ-ਵਾਰ ਪੰਜਾਬ ਪੁਲਸ ਅਤੇ ਸਰਕਾਰ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ, ਉਸ ਨੂੰ ਦੇਖਦੇ ਹੋਏ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਉਹ ਨਸ਼ਾ ਤਸਕਰੀ ਵਿਚ ਸ਼ਾਮਲ ਆਗੂਆਂ ਅਤੇ ਪੁਲਸ ਅਫਸਰਾਂ ਦੇ ਨਾਮ ਮਾਨਯੋਗ ਅਦਾਲਤ ਦੇ ਸਾਹਮਣੇ ਹੀ ਜਨਤਕ ਕਰਨਗੇ, ਕਿਉਂਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਤੋਂ ਕਿਸੇ ਤਰ੍ਹਾਂ ਦੇ ਇਨਸਾਫ ਦੀ ਕੋਈ ਆਸ ਨਹੀਂ ਹੈ। ਇਸ ਲਈ ਪੰਜਾਬ ਪੁਲਸ ਜਾਂ ਕਿਸੇ ਹੋਰ ਏਜੰਸੀ ਦੇ ਸਾਹਮਣੇ ਕਿਸੇ ਦਾ ਨਾਂ ਲੈਣ ਦਾ ਕੋਈ ਲਾਭ ਹੀ ਨਹੀਂ ਹੈ। 

ਜ਼ਿਕਰਯੋਗ ਹੈ ਕਿ ਸ਼੍ਰੀ ਸ਼ਸ਼ੀਕਾਂਤ ਐੱਨ. ਐੱਸ. ਯੂ. ਆਈ. ਦੇ ਸਾਬਕਾ ਸੂਬਾ ਪ੍ਰਧਾਨ ਅਤੇ ਐਂਟੀ ਟੈਰੇਰਿਸਟ ਫਰੰਟ ਪੰਜਾਬ ਦੇ ਸੀਨੀਅਰ ਆਗੂ ਹਰਪਾਲ ਸਿੰਘ ਪ੍ਰਧਾਨ ਵੱਲੋਂ ਰੱਖੇ ਗਏ ਸਨਮਾਨ ਸਮਾਰੋਹ ਵਿਚ ਹਿੱਸਾ ਲੈਣ ਲਈ ਜਾਣ ਵਾਲੇ ਸਨ, ਜਿਸ ਸਮੇਂ ਪੰਜਾਬ ਪੁਲਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਵਿਚ ਨਜ਼ਰਬੰਦ ਕਰ ਲਿਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਫੋਨ 'ਤੇ ਵਾਰਤਾਲਾਪ ਕੀਤੀ। ਸਾਬਕਾ ਡੀ. ਜੀ. ਪੀ. ਨੇ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਵੀ ਖਤਰਾ ਹੈ। ਪੰਜਾਬ ਸਰਕਾਰ ਜਾਂ ਫਿਰ ਪੰਜਾਬ ਪੁਲਸ ਕਿਸੇ ਵੀ ਸਮੇਂ ਉਨ੍ਹਾਂ ਨੂੰ ਅਗਵਾ ਕਰਕੇ ਮਰਵਾ ਸਕਦੀ ਹੈ। ਸਰਕਾਰ ਦੀਆਂ ਹਰਕਤਾਂ ਤੋਂ ਸਾਫ ਹੈ ਕਿ ਕਦੇ ਵੀ ਉਨ੍ਹਾਂ ਨਾਲ ਧੱਕਾ ਕੀਤਾ ਜਾ ਸਕਦਾ ਹੈ ਤਾਂ ਜੋ ਉਹ ਨਸ਼ਾ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਦੇ ਨਾਮ ਸਾਹਮਣੇ ਨਾ ਲਿਆ ਸਕਣ।

ਸਾਬਕਾ ਡੀ. ਜੀ. ਪੀ. ਨੇ ਸਾਫ ਕੀਤਾ ਕਿ ਪੰਜਾਬ ਦੇ ਕਈ ਨੇਤਾ ਨਸ਼ਾ ਤਸਕਰੀ 'ਚ ਸ਼ਾਮਲ ਹਨ, ਜਿਨ੍ਹਾਂ ਵਿਚ ਸੱਤਾਧਾਰੀ ਗਠਜੋੜ ਦੇ ਆਗੂ, ਕਾਂਗਰਸ ਦੇ ਆਗੂ ਅਤੇ ਪੰਜਾਬ ਪੁਲਸ ਦੇ ਅਫਸਰ ਵੀ ਸ਼ਾਮਲ ਹਨ। ਇਸ ਦੌਰਾਨ ਪੱਤਰਕਾਰਾਂ ਨੇ ਕਾਫੀ ਕੋਸ਼ਿਸ਼ ਕੀਤੀ ਕਿ ਉਹ ਕੋਈ ਇਕ-ਦੋ ਨਾਮ ਦੱਸ ਦੇਣ ਪਰ ਉਨ੍ਹਾਂ ਨੇ ਨਾਂ ਦੱਸਣ ਤੋਂ ਇਨਕਾਰ ਕਰ ਦਿੱਤਾ। ਪੱਤਰਕਾਰਾਂ ਵੱਲੋਂ ਪੁੱਛੇ ਜਾਣ 'ਤੇ ਕਿ ਜਿਹੜੀ ਸਰਕਾਰੀ ਰਿਪੋਰਟ ਦੀ ਉਹ ਗੱਲ ਕਰ ਰਹੇ ਹਨ, ਉੁਸ ਨੂੰ ਜਨਤਕ ਕਿਉਂ ਨਹੀਂ ਕਰ ਦਿੰਦੇ ਤਾਂ ਸਾਬਕਾ ਡੀ. ਜੀ. ਪੀ. ਨੇ ਕਿਹਾ ਕਿ ਬਤੌਰ ਅਫਸਰ ਉਹ ਕਿਸੇ ਸਰਕਾਰੀ ਦਸਤਾਵੇਜ਼ ਨੂੰ ਜਨਤਕ ਨਹੀਂ ਕਰ ਸਕਦੇ ਪਰ ਉਹ ਮਾਨਯੋਗ ਅਦਾਲਤ ਦੇ ਸਾਹਮਣੇ ਐਫੀਡੇਵਿਟ ਲਗਾ ਕੇ ਉਨ੍ਹਾਂ ਲੋਕਾਂ ਦੇ ਨਾਮ ਜ਼ਰੂਰ ਦੇਣਗੇ, ਜੋ ਨਸ਼ੇ ਦੇ ਸੌਦਾਗਰਾਂ ਨਾਲ ਮਿਲ ਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ੇ ਦੇ ਦਲਦਲ ਵਿਚ ਧਕੇਲਣ ਲੱਗੇ ਹੋਏ ਹਨ। 

ਇਸ ਤੋਂ ਬਾਅਦ ਐਂਟੀ ਟੈਰੇਰਿਸਟ ਫਰੰਟ ਪੰਜਾਬ ਦੇ ਸੀਨੀਅਰ ਆਗੂ ਹਰਪਾਲ ਸਿੰਘ ਪ੍ਰਧਾਨ ਨੇ ਕਿਹਾ ਕਿ ਸਾਬਕਾ ਡੀ. ਜੀ. ਪੀ. ਸ਼ਸ਼ੀਕਾਂਤ ਇਕ ਸਮਾਜ ਸੁਧਾਰਕ ਮੁਹਿੰਮ 'ਚ ਲੱਗੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੀ ਤਸਕਰੀ ਵਿਚ ਭਾਵੇਂ ਕਿਸੇ ਵੀ ਪਾਰਟੀ ਦਾ ਆਗੂ ਜਾਂ ਕਿਸੇ ਵੀ ਵਿਭਾਗ ਦਾ ਅਧਿਕਾਰੀ ਕਿਉਂ ਨਾ ਸ਼ਾਮਲ ਹੋਵੇ, ਉਹ ਉਸ ਦਾ ਵਿਰੋਧ ਕਰਨਗੇ ਅਤੇ ਕੋਈ ਵੀ ਵਿਅਕਤੀ ਜਿਹੜਾ ਨਸ਼ਿਆਂ ਦੇ ਖਿਲਾਫ ਲੜਾਈ ਲੜੇਗਾ, ਉਸ ਦਾ ਸਾਥ ਦੇਣਗੇ। ਇਸ ਮੌਕੇ ਐਡਵੋਕੇਟ ਜਸਪ੍ਰੀਤ ਸਿੰਘ, ਅਮਰਜੀਤ ਸਿੰਘ ਪੰਜਾਬੀ ਯੂਨੀਵਰਸਿਟੀ, ਅਮਰਜੀਤ ਸਿੰਘ ਟਰੱਕ ਯੂਨੀਅਨ, ਅਮਰਿੰਦਰ ਸਿੰਘ ਘੁੰਮਣ ਪੰਜਾਬੀ ਯੂਨੀਵਰਸਿਟੀ ਤੋਂ ਇਲਾਵਾ ਕਈ ਸਮਾਜਿਕ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ।



Archive

RECENT STORIES